ਨਵਾਂਸ਼ਹਿਰ 07 ਸਤੰਬਰ(ਹਰਿੰਦਰ ਸਿੰਘ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਦਿਨਾਂ ਤੋਂ ਲਗਾਤਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਔਖੀ ਘੜੀ ਵਿੱਚ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਨਿੱਜੀ ਤੌਰ ਤੇ ਵਿਚਰ ਕੇ ਸੇਵਾ ਕੀਤੀ ਜਾ ਰਹੀ ਹੈ। ਇਸੇ ਹੀ ਸੰਦਰਭ ਵਿਚ ਅੱਜ ਨਵਾਂ ਸ਼ਹਿਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਸੀਬੂ ਬੰਨ੍ਹ ਲਈ 500 ਲੀਟਰ ਡੀਜ਼ਲ, ਬੁਰਜ ਟਹਿਲ ਦਾਸ ਬੰਨ੍ਹ ਲਈ 500 ਲੀਟਰ ਡੀਜ਼ਲ ਅਤੇ ਮੰਡਾਲਾ ਤਾਜੋਵਾਲ ਬੰਨ੍ਹ ਲਈ 100 ਲੀਟਰ ਭਾਵ ਕੁੱਲ 1100 ਲੀਟਰ ਡੀਜ਼ਲ ਜਿਲ੍ਹੇ ਦੀ ਹੱਦ ਨਾਲ ਲੱਗਦੇ ਬੰਨ੍ਹਾਂ ਦੀ ਮਜਬੂਤੀ ਲਈ ਭੇਜਿਆ ਗਿਆ। ਜਥੇਦਾਰ ਸੁਕਾਰ ਨੇ ਕਿਹਾ ਕਿ ਪ੍ਰਸ਼ਾਸਨ ਤੇ ਲੋਕਾਂ ਦੀ ਅਣਥੱਕ ਯਤਨਾਂ ਸਦਕਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹੁਣ ਕੁਦਰਤੀ ਆਫ਼ਤ ਭਾਵ ਹੜ੍ਹ ਦੀ ਤ੍ਰਾਸਦੀ ਪੱਖੋਂ ਬਿਲਕੁਲ ਸੁਰੱਖਿਅਤ ਹੈ। ਲੋਕਾਂ ਨੂੰ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਆਮ ਲੋਕਾਂ ਵਲੋਂ ਬੰਨ੍ਹ ਦੀ ਮਜ਼ਬੂਤੀ ਲਈ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਤੇ ਜਥੇਦਾਰ ਸੁਖਦੀਪ ਸਿੰਘ ਸੁਕਾਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਜਥੇਦਾਰ ਸੁਕਾਰ ਨੇ ਪਾਰਟੀ ਪ੍ਰਧਾਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੇ ਲੋਕਾਂ ਦੀ ਸਹਾਇਤਾ ਲਈ ਹਮੇਸ਼ਾਂ ਤਿਆਰ ਹੈ। ਉਹਨਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਉਨ੍ਹਾਂ ਨਾਲ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਤੋਂ ਇਲਾਵਾ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।

