ਨਵਾਂਸ਼ਹਿਰ 11 ਨਵੰਬਰ (ਹਰਿੰਦਰ ਸਿੰਘ) ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਿਤੀ 11 ਨਵੰਬਰ ਨੂੰ ਪਿੰਡ ਸੜੋਆ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਬਲਾਕ ਪੱਧਰੀ ਸਿਖਲਾਈ ਕੋਰਸ ਲਗਾਇਆ ਗਿਆ। ਇਸ ਸਿਖਲਾਈ ਕੋਰਸ ਦੀ ਸ਼ੁਰੂਆਤ ਕਰਦਿਆ ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਦੇ ਵੱਖ ਵੱਖ ਢੰਗਾਂ ਅਤੇ ਸਫ਼ਲ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਮਸ਼ੀਨਾਂ ਦੀ ਵਰਤੋਂ ਦੀਆਂ ਵਿਸ਼ੇਸ਼ਤਾਵਾਂ ਅਤੇ ਸਾਵਧਾਨੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਡਾ. ਬਲਜੀਤ ਸਿੰਘ ਜੀ ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਬਾਰੇ ਦੱਸਿਆ।ਉਨ੍ਹਾਂ ਕਣਕ ਦੀ ਫ਼ਸਲ ਉੱਤੇ ਪਰਾਲੀ ਵਾਲੇ ਖੇਤਾਂ ਵਿੱਚ ਗੁਲਾਬੀ ਸੁੰਡੀ ਅਤੇ ਚੂਹਿਆਂ ਦੀ ਰੋਕਥਾਮ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਇਸੇ ਲੜੀ ਵਿੱਚ ਡਾ ਨਿਤਿਨ ਖੇਤੀਬਾੜੀ ਅਫ਼ਸਰ ਜੀ ਨੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਬਦਲ ਵਜੋਂ ਵਰਤੀਆਂ ਜਾ ਸਕਣ ਵਾਲੀਆਂ ਖਾਦਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਬੇਲੋੜੀਆਂ ਕੈਮੀਕਲ ਖਾਦਾਂ ਅਤੇ ਕੀੜੇਮਾਰ ਦਵਾਈਆਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।ਇਸ ਕੈਂਪ ਵਿੱਚ ਸੌ ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ ਪਰਾਲੀ ਦੀ ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।


