ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਧਰਮਕੋਟ ਵਿਖੇ 5 ਦਿਨਾਂ ਦੇ ਸਿਖਲਾਈ ਕੋਰਸ ਦਾ ਆਯੋਜਨ

ਨਵਾਂਸ਼ਹਿਰ 22 ਨਵੰਬਰ (ਹਰਿੰਦਰ ਸਿੰਘ)ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ-ਅਟਾਰੀ, ਜੋਨ -1, ਲੁਧਿਆਣਾ ਦੇ ਅਧੀਨ ਕਾਰਜਸ਼ੀਲ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਿਤੀ 18 ਨਵੰਬਰ ਤੋਂ 22 ਨਵੰਬਰ ਤੱਕ ਪਿੰਡ ਧਰਮਕੋਟ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ 5 ਦਿਨਾਂ ਦਾ ਸਿਖਲਾਈ ਕੋਰਸ ਲਗਾਇਆ ਗਿਆ। ਜਿਸ ਵਿੱਚ ਡਾ. ਪ੍ਰਦੀਪ ਕੁਮਾਰ ਉਪ ਨਿਰਦੇਸ਼ਕ ਸਿਖਲਾਈ ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਦੇ ਵੱਖ ਵੱਖ ਢੰਗਾਂ ਅਤੇ ਸਫ਼ਲ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਦੱਸਦਿਆਂ, ਖੇਤੀ ਮਸ਼ੀਨਰੀ ਦੀ ਵਰਤੋਂ ਰਾਹੀਂ ਝੋਨੇ ਦੀ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ‘ਤੇ ਜ਼ੋਰ ਦਿੱਤਾ। ਡਾ ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਮਸ਼ੀਨਾਂ ਦੀ ਵਰਤੋਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਉਨ੍ਹਾਂ ਸਾਰੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਪਰਾਲੀ ਦੀ ਸੰਭਾਲ ਲਈ ਮਸ਼ੀਨਾਂ ਦੀ ਵਰਤੋਂ ਲਈ ਅਪੀਲ ਕੀਤੀ। ਡਾ. ਬਲਜੀਤ ਸਿੰਘ ਜੀ ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਬਾਰੇ ਦੱਸਿਆ, ਉਨ੍ਹਾਂ ਕਣਕ ਦੀ ਫ਼ਸਲ ਉੱਤੇ ਪਰਾਲੀ ਵਾਲੇ ਖੇਤਾਂ ਵਿੱਚ ਗੁਲਾਬੀ ਸੁੰਡੀ ਅਤੇ ਚੂਹਿਆਂ ਦੀ ਰੋਕਥਾਮ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਡਾ. ਆਰਤੀ ਵਰਮਾ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਘਰੇਲੂ ਪੌਸ਼ਟਿਕ ਬਗੀਚੀ ਜਿਸ ਵਿੱਚ ਫ਼ਲ ਅਤੇ ਸਬਜ਼ੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਰਸਾਇਣ-ਮੁਕਤ ਸਰਦੀਆਂ ਦੀਆਂ ਸਬਜ਼ੀਆਂ ਦੀ ਕਾਸ਼ਤ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਡਾ ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਰਸਾਨੀ ਪ੍ਰਤੀ ਹੋ ਰਹੀਆਂ ਗਤੀਵਿਧੀਆਂ ਅਤੇ ਸਵੈ-ਰੁਜ਼ਗਾਰ ਬਾਰੇ ਚਾਨਣਾ ਪਾਉਂਦੇ ਹੋਏ ਬੇਲੋੜੀਆਂ ਕੈਮੀਕਲ ਖਾਦਾਂ ਅਤੇ ਕੀੜੇਮਾਰ ਦਵਾਈਆਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਇਸ ਸਿਖਲਾਈ ਕੋਰਸ ਦੌਰਾਨ ਪੀ. ਏ. ਯੂ. ਲੁਧਿਆਣਾ ਵੱਲੋਂ ਪ੍ਰਕਾਸ਼ਿਤ ਖੇਤੀ ਸਾਹਿਤ ਕਿਸਾਨਾਂ ਨੂੰ ਵੰਡਿਆ ਗਿਆ।

Leave a Reply

Your email address will not be published. Required fields are marked *

error: Content is protected !!