ਜ਼ਿਲ੍ਹਾ ਸਿੱਖਿਆ ਅਧਿਕਾਰੀ ਲਖਬੀਰ ਸਿੰਘ ਨੇ ਸਟਾਫ਼ ਨਾਲ ਮਿਲ ਕੇ ਲੋਹੜੀ ਮਨਾਈ ਅਜੌਕੇ ਵਿਚ ਕੁੜੀਆਂ ਵੀ ਕਿਸੇ ਕਦਰ ਘਟ ਨਹੀਂ – ਅਧਿਕਾਰੀ ਲਖਬੀਰ ਸਿੰਘ


ਨਵਾਂਸ਼ਹਿਰ 13 ਜਨਵਰੀ (ਹਰਿੰਦਰ ਸਿੰਘ) ਜ਼ਿਲ੍ਹਾ ਸਿੱਖਿਆ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਲੀਮੈਂਟਰੀ ਅਤੇ ਸੈਕੰਡਰੀ ਵਿਭਾਗ ਦੇ ਦਫ਼ਤਰਾਂ ਦੇ ਕਰਮਚਾਰੀਆਂ ਦੇ ਸਹਿਯੋਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਦੀ ਅਗਵਾਈ ਹੇਠ ਰਿਸ਼ਤਿਆਂ ਦੇ ਨਿੱਘ ਅਤੇ ਮਿਠਾਸ ਨਾਲ ਭਰੇ ਲੋਹੜੀ ਦਾ ਤਿਓਹਾਰ ਬੜੀ ਖੁਸ਼ੀ ਨਾਲ ਮਨਾਇਆ ਗਿਆ।ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਨੇ ਅੱਜ ਦੇ ਲੋਹੜੀ ਦੇ ਤਿਉਹਾਰ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਹੜੀ ਦਾ ਤਿਉਹਾਰ ਪੋਹ ਮਹੀਨੇ ਦੇ ਆਖ਼ਰੀ ਦਿਨ ਵਾਲੀ ਰਾਤ ਨੂੰ ਮਨਾਇਆ ਜਾਂਦਾ ਹੈ। ਜਿਸ ਘਰ ਮੁੰਡਾ ਜੰਮਿਆ ਹੋਵੇ, ਉਹ ਘਰ ਵਾਲੇ ਮੁੰਡੇ ਜੰਮਣ ਦੀ ਖੁਸ਼ੀ ਵਿਚ ਲੋਹੜੀ ਵਾਲੇ ਦਿਨ ਗੁੜ ਵੰਡਦੇ ਹਨ। ਲੋਹੜੀ ਨੂੰ ਲੋਹੀ ਵੀ ਕਹਿੰਦੇ ਹਨ। ਸਾਡਾ ਪੁਰਸ਼ ਪ੍ਰਧਾਨ ਸਮਾਜ ਹੈ। ਇਸ ਲਈ ਲੜਕੀ ਨਾਲੋਂ ਲੜਕੇ ਨੂੰ ਜਿਆਦਾ ਮਹੱਤਤਾ ਦਿੱਤੀ ਜਾਂਦੀ ਹੈ। ਇਸੇ ਕਰਕੇ ਹੀ ਲੜਕੇ ਦੇ ਜੰਮਣ ਤੇ ਖ਼ੁਸ਼ੀ ਮਨਾਈ ਜਾਂਦੀ ਹੈ। ਪੁੰਨ-ਦਾਨ ਕੀਤਾ ਜਾਂਦਾ ਹੈ। ਲੋਹੜੀ ਵੰਡੀ ਜਾਂਦੀ ਹੈ। ਉੱਥੇ ਲੜਕੀ ਜੰਮਣ ਤੇ ਘਰ ਵਿਚ ਸੋਗ ਪੈ ਜਾਂਦਾ ਹੈ। ਉਦਾਸੀ ਛਾ ਜਾਂਦੀ ਹੈ। ਪਹਿਲੇ ਸਮਿਆਂ ਵਿਚ ਲੋਹੜੀ ਵੰਡਣ ਲਈ ਲੜਕੇ ਦੀਆਂ ਭੂਆ, ਚਾਚੀਆਂ, ਤਾਈਆਂ, ਭੈਣਾਂ ਨਵੇਂ-ਨਵੇਂ ਸੂਟ ਪਾ ਕੇ ਪਿੰਡ ਵਿਚ ਹਫਤਾ-ਹਫਤਾ ਪਹਿਲਾਂ ਗੁੜ ਵੰਡਣਾ ਸ਼ੁਰੂ ਕਰ ਦਿੰਦੀਆਂ ਸਨ ਕਿਉਂ ਜੋ ਸਾਰੇ ਪਿੰਡ ਵਿਚ ਗੁੜ ਵੰਡਣ ਲਈ ਕਈ ਦਿਨ ਲੱਗ ਜਾਂਦੇ ਸਨ। ਲੋਹੜੀ ਤੇ ਸਾਰੇ ਰਿਸ਼ਤੇਦਾਰ ਆਉਂਦੇ ਸਨ। ਲੋਹੜੀ ਘਰ ਵਿਚ ਬਾਲੀ ਜਾਂਦੀ ਸੀ। ਘਰ ਵਾਲੇ, ਰਿਸ਼ਤੇਦਾਰ, ਆਂਢੀ – ਗੁਆਂਢੀ, ਸ਼ਰੀਕੇ ਵਾਲੇ ਸਾਰੇ ਬੈਠ ਕੇ ਲੋਹੜੀ ਸੇਕਦੇ ਸਨ। ਗੁੜ, ਰਿਊੜੀਆਂ, ਮੂੰਗਫਲੀ, ਮੱਕੀ ਦੇ ਦਾਣੇ ਆਦਿ ਵੰਡੇ ਜਾਂਦੇ ਸਨ। ਲੋਹੜੀ ਮੰਗਣ ਵਾਲਿਆਂ ਨੂੰ ਵੀ ਲੋਹੜੀ ਦਿੱਤੀ ਜਾਂਦੀ ਸੀ। ਇਸ ਮੌਕੇ ਲਾਗੀ ਤੱਥੀ ਸਾਰੇ ਲੋਹੜੀ ਮੰਗਦੇ ਸਨ। ਮੁੰਡੇ ਦੇ ਬਾਪੂ ਤੇ ਮਾਂ ਤੋਂ ਲੋਹੜੀ ਮੰਗਣ ਵਾਲੇ ਗੀਤ ‘ ਗਾਏ ਜਾਂਦੇ ਸਨ। ਲੋਹੜੀ ਮੰਗਣ ਸਮੇਂ ਦੁੱਲੇ ਭੱਟੀ ਦੇ ਗੀਤ ਵੀ ਗਾਏ ਜਾਂਦੇ ਸਨ ਕਿਉਂ ਜੋ ਦੁੱਲਾ ਭੱਟੀ ਨੇ ਦੋ ਗਰੀਬ ਲੜਕੀਆਂ ਦੇ ਵਿਆਹ ਕੀਤੇ ਸਨ। ਸਿੱਖਿਆ ਅਫਸਰ ਲਖਬੀਰ ਸਿੰਘ ਨੇ ਕਿਹਾ ਕਿ ਸਾਨੂੰ ਅਜੌਕੇ ਸਮੇਂ ਵਿੱਚ ਮੁੰਡੇ ਕੁੜੀ ਵਿੱਚ ਫਰਕ ਨਹੀਂ ਕਰਨਾ ਚਾਹੀਦਾ ਅੱਜ ਦੇ ਦੌਰ ਵਿੱਚ ਕੁੜੀਆਂ ਵੀ ਮਾਪਿਆਂ ਲਈ ਕਿਸੇ ਕਦਰ ਘਟ ਨਹੀਂ ਹਨ।ਇਸ ਤੋਂ ਇਲਾਵਾ ਸਿੱਖਿਆ ਅਫਸਰ ਲਖਬੀਰ ਸਿੰਘ ਨੇ ਦੱਸਿਆ ਕਿ ਈਸ਼ਰ ਆਏ ਦਲਿੱਦਰ ਜਾਏ,ਦਲਿੱਦਰ ਦੀ ਜੜ੍ਹ ਚੁੱਲ੍ਹੇ ਪਾਏ ਦੇ ਕਥਨ ਅਨੁਸਾਰ ਇਸ ਦਿਨ ਤੋਂ ਠੰਡ ਦੇ ਮੌਸਮ ਵਿੱਚ ਬਦਲਾਅ ਹੋਣਾ ਸ਼ੁਰੂ ਹੁੰਦਾ ਹੈ ਅਤੇ ਸਰਦੀ ਵੀ ਘਟਦੀ ਹੈ।ਇਸ ਮੌਕੇ ਦੋਹਾਂ ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਲਕੜਾਂ ਤੇ ਪਾਥੀਆਂ ਦੀ ਧੂਣੀ ਬਾਲ ਕੇ ਉਸ ਵਿਚ ਤਿਲ, ਰਿਓੜੀਆਂ ਤੇ ਮੂੰਗਫਲੀ ਪਾ ਕੇ ਖੁਸ਼ੀ ਸਾਂਝੀ ਕੀਤੀ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ। ਸਿੱਖਿਆ ਅਫਸਰ ਲਖਬੀਰ ਸਿੰਘ ਨੇ ਲੋਹੜੀ ਮੌਕੇ ਜ਼ਿਲ੍ਹਾ ਪੱਧਰ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਡਟ ਕੇ ਮਿਹਨਤ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।ਇਸ ਮੌਕੇ ਸੁਪਰਡੈਂਟ ਜਸਵਿੰਦਰ ਸਿੰਘ, ਤਜਿੰਦਰ ਸਿੰਘ, ਬਿਕਰਮ, ਦੇਸ ਰਾਜ ਸਚਿਨ, ਸਤਨਾਮ, ਸੁਖਦੀਪ,ਰਜਿੰਦਰ ਸ਼ਰਮਾ, ਰੀਤੂ ਭਨੋਟ, ਜਗਦੀਸ਼ ਰਾਏ, ਵਰਿੰਦਰ ਕੁਮਾਰ, ਗੁਰਪ੍ਰੀਤ, ਸੁਖਵਿੰਦਰ, ਚਰਨਜੀਤ, ਦੀਪਕ,ਗਿਆਨ ਚੰਦ, ਗੌਰਵ, ਚੇਤਨ, ਮਨਦੀਪ, ਬਲਜਿੰਦਰ, ਅਮਰਜੀਤ ਆਦਿ ਹਾਜਰ ਸਨ।
