ਨਵਾਂਸ਼ਹਿਰ, 7 ਅਪ੍ਰੈਲ (ਹਰਿੰਦਰ ਸਿੰਘ): ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਵਿਖੇ ਸਿਹਤ ਬਲਾਕ ਮੁਜ਼ੱਫਰਪੁਰ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਾ ਸੀ।ਮੀਟਿੰਗ ਦੀ ਸ਼ੁਰੂਆਤ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ, ਪੰਜਾਬ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਸੁਚਾਰੂ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਅਤੇ ਸਮੇਂ-ਸਿਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।ਇਸ ਮੌਕੇ ‘ਤੇ ਨਿਯਮਿਤ ਟੀਕਾਕਰਨ ਪ੍ਰੋਗਰਾਮ, ਜੱਚਾ-ਬੱਚਾ ਸਿਹਤ ਸੇਵਾਵਾਂ, ਪਰਿਵਾਰ ਨਿਯੋਜਨ, ਨਾਨ-ਕਮਿਊਨਿਕੇਬਲ ਡਿਜੀਜ਼ (ਐੱਨ.ਸੀ.ਡੀ.), ਟੀ.ਬੀ. ਕੰਟਰੋਲ ਪ੍ਰੋਗਰਾਮ, ਅਤੇ ਹੋਰ ਚੱਲ ਰਹੀਆਂ ਸਿਹਤ ਯੋਜਨਾਵਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਹਰ ਪ੍ਰੋਗਰਾਮ ਦੇ ਤਹਿਤ ਪ੍ਰਾਪਤ ਕੀਤੀਆਂ ਉਪਲੱਬਧੀਆਂ ਅਤੇ ਦਰਪੇਸ਼ ਚੁਣੌਤੀਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਸਾਰੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਲਈ ਸਮਰਪਿਤ ਹੋ ਕੇ ਕੰਮ ਕਰਨ। ਉਨ੍ਹਾਂ ਨੇ ਖਾਸ ਤੌਰ ’ਤੇ ਟੀਕਾਕਰਨ ਦੇ ਟਾਰਗੇਟ ਪੂਰੇ ਕਰਨ, ਹਾਈਰਿਸਕ ਗਰਭਵਤੀ ਮਹਿਲਾਵਾਂ ਦੀ ਨਿਗਰਾਨੀ ਕਰਨ ਅਤੇ ਐੱਨ.ਸੀ.ਡੀ. ਸਕ੍ਰੀਨਿੰਗ ਨੂੰ ਤੇਜ਼ ਕਰਨ ’ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਕਿਹਾ ਕਿ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਕਮਿਊਨਟੀ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਅਤੇ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਜਾਵੇ।ਇਸ ਮੀਟਿੰਗ ਵਿੱਚ ਸਿਹਤ ਬਲਾਕ ਮੁਜ਼ੱਫਰਪੁਰ ਦੇ ਸਮੂਹ ਮੈਡੀਕਲ ਅਫਸਰਾਂ, ਐੱਲ.ਐੱਚ.ਵੀਜ਼, ਹੈਲਥ ਇੰਸਪੈਕਟਰਾਂ, ਕਮਿਊਨਿਟੀ ਹੈਲਥ ਅਫਸਰਾਂ, ਏ.ਐੱਨ.ਐੱਮਜ਼ ਅਤੇ ਮਲਟੀਪਰਪਜ਼ ਹੈਲਥ ਵਰਕਰਾਂ (ਮੇਲ) ਵੱਲੋਂ ਭਾਗ ਲਿਆ ਗਿਆ।

