ਨਵਾਂਸ਼ਹਿਰ, 13 ਅਪ੍ਰੈਲ (ਹਰਿੰਦਰ ਸਿੰਘ)ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ ਸਿਹਤ ਕਾਰਡ ਬਣਾਉਣ ਦੀ ਪ੍ਰਗਤੀ ਨੂੰ ਵਧਾਉਣ ਲਈ ਆਸ਼ਾ ਵਰਕਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ।ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਨੇ ਮੀਟਿੰਗ ਦੌਰਾਨ ਆਸ਼ਾ ਵਰਕਰਾਂ ਨਾਲ ਜ਼ਮੀਨੀ ਪੱਧਰ ‘ਤੇ ਆ ਰਹੀਆਂ ਸਮੱਸਿਆਵਾਂ, ਚੱਲ ਰਹੀਆਂ ਗਤੀਵਿਧੀਆਂ ਅਤੇ ਯੋਜਨਾ ਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਧਾਉਣ ‘ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ।ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਉਪਲੱਬਧ ਕਰਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਹਰੇਕ ਕਵਰ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਐੱਮ. ਐੱਮ. ਐੱਸ. ਵਾਈ. ਸਿਹਤ ਕਾਰਡ ਦੀ ਪ੍ਰਗਤੀ ਵਧਾਉਣ ਲਈ ਆਸ਼ਾ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣ ਅਤੇ ਲਾਭਪਾਤਰੀਆਂ ਨੂੰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਦੀ ਲੋੜ ‘ਤੇ ਜ਼ੋਰ ਦੇਣਾ ਚਾਹੀਦਾ ਹੈ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਵੱਲੋਂ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਯੋਜਨਾ ਹੇਠ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਅਤੇ ਸਹੀ ਰਿਕਾਰਡ ਸੰਭਾਲਣ ‘ਤੇ ਖਾਸ ਧਿਆਨ ਦੇਣ। ਉਨ੍ਹਾਂ ਇਹ ਵੀ ਦੱਸਿਆ ਕਿ ਐੱਮ. ਐੱਮ. ਐੱਸ. ਵਾਈ. ਕਾਰਡ ਬਣਾਉਣ ਲਈ ਸਿਰਫ਼ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈ.ਡੀ. ਕਾਰਡ ਦੇ ਆਧਾਰ ‘ਤੇ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨਿਵਾਸੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪਾਂ ਵਿੱਚ ਜਾ ਕੇ ਆਸਾਨੀ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਮੀਟਿੰਗ ਦੇ ਅੰਤ ‘ਤੇ ਸਾਰੇ ਹਾਜ਼ਰ ਸਟਾਫ਼ ਵੱਲੋਂ ਐੱਮ.ਐੱਮ.ਐੱਸ.ਵਾਈ. ਦੀ ਪ੍ਰਗਤੀ ਨੂੰ ਹੋਰ ਵਧਾਉਣ ਬਣਾਉਣ ਲਈ ਮਿਲਜੁਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ।

