ਮੁਲਾਜ਼ਮ ਅਤੇ ਪੈਨਸ਼ਨਰ 24 ਮਈ ਨੂੰ ਨਵਾਂ ਸ਼ਹਿਰ ਦੇ ਵਾਰਡਾਂ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਕਰਨਗੇ ਰੋਸ ਪ੍ਰਦਰਸ਼ਨ/22 ਮਈ ਨੂੰ ਰਾਹੋਂ ਦੇ ਵਾਰਡਾਂ ਵਿੱਚ ਹੋਵੇਗਾ ਮੋਟਰਸਾਈਕਲ ਮਾਰਚ/ਪਨਬੱਸ, ਪੈਪਸੂ ਅਤੇ ਸਫਾਈ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ
ਨਵਾਂ ਸ਼ਹਿਰ 19 ਮਈ ( ਹਰਿੰਦਰ ਸਿੰਘ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੀ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਕਨਵੈਂਨਸ਼ਨ ਵਿੱਚ ਪਾਸ ਕੀਤੇ ਐਲਾਨ ਨਾਮੇ ਅਨੁਸਾਰ ਪੰਜਾਬ ਵਿੱਚ ਨਗਰ ਨਿਗਮ /ਨਗਰ ਪਾਲਿਕਾ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾਣ ਦੇ ਸੱਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਅੱਜ ਬੱਸ ਸਟੈਂਡ ਨਵਾਂ ਸ਼ਹਿਰ ਵਿਖੇ ਸਾਂਝੇ ਫਰੰਟ ਦੀ ਮੀਟਿੰਗ ਕੁਲਵਿੰਦਰ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਹੋਈ। ਨਵਾਂ ਸ਼ਹਿਰ ਦੇ ਵਾਰਡਾਂ ਵਿੱਚ 24 ਮਈ ਨੂੰ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖਿਲਾਫ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ। ਮਾਰਚ ਦੌਰਾਨ ਵੋਟਰਾਂ ਨੂੰ ਸਰਕਾਰਾਂ ਦੀਆਂ ਮੁਲਾਜ਼ਮ, ਪੈਨਸ਼ਨਰ ਅਤੇ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਤਨਖਾਹ ਕਮਿਸ਼ਨ ਦੇ ਬਕਾਏ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਵੱਟੇ ਖਾਤੇ ਪਾ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਘੋਰ ਬੇਇਨਸਾਫੀ ਕੀਤੀ ਹੈ। ਇੱਥੇ ਹੀ ਬੱਸ ਨਹੀਂ ਮਾਨਯੋਗ ਹਾਈਕੋਰਟ ਵੱਲੋਂ 30 ਜੂਨ ਤੱਕ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਦੇਣ ਦੇ ਕੀਤੇ ਗਏ ਫੈਸਲੇ ਵਿਰੁੱਧ ਪੰਜਾਬ ਸਰਕਾਰ ਨੇ ਡਬਲ ਬੈਂਚ ਅੱਗੇ ਐਲਪੀਏ ਦਾਇਰ ਕੀਤੀ ਹੈ ਤਾਂ ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਾਨਯੋਗ ਹਾਈਕੋਰਟ ਦੇ ਦਿੱਤੇ ਫੈਸਲੇ ਅਨੁਸਾਰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਤਨਖਾਹ ਦੁਹਰਾਈ ਦੇ ਬਕਾਏ ਯਕਮੁਸ਼ਤ ਦੇਣ ਤੋਂ ਖਹਿੜਾ ਛੁਡਾਇਆ ਜਾ ਸਕੇ। ਸਰਕਾਰ ਬਣਨ ਤੋਂ ਪਹਿਲਾਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਗਏ ਵਾਅਦੇ ਕੇਂਦਰ ਦੀ ਭਾਜਪਾ ਸਰਕਾਰ ਵਾਂਗ ਜੁਮਲੇ ਹੀ ਸਾਬਤ ਹੋਏ ਹਨ। ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਗਈ। ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਗਿਆ। ਮੁੱਢਲੀ ਤਨਖਾਹ ਤੇ ਨਿਯੁਕਤੀ ਅਤੇ ਕੇਂਦਰੀ ਸਕੇਲ ਲਾਗੂ ਕਰਨ ਦੇ ਪੱਤਰ ਰੱਦ ਨਹੀਂ ਕੀਤੇ ਗਏ। ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਹਜ਼ਾਰਾਂ ਹੀ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਭਰਤੀ ਨਹੀਂ ਕੀਤੀ ਗਈ। ਭਾਜਪਾ ਦੀ ਕੇਂਦਰ ਸਰਕਾਰ ਜਿੱਥੇ ਜਨਤਕ ਖੇਤਰ ਦੇ ਅਦਾਰੇ ਕਾਰਪੋਰੇਟਾਂ ਨੂੰ ਲੁਟਾ ਰਹੀ ਹੈ, ਉੱਥੇ ਹੀ ਲੋਕਤੰਤਰ ਅਤੇ ਸੰਵਿਧਾਨ ਨੂੰ ਖਤਮ ਕਰ ਰਹੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਸੇ ਰਸਤੇ ਤੇ ਚਲਦਿਆਂ ਮੁਲਾਜ਼ਮ ਪੈਨਸ਼ਨਰ ਅਤੇ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਜਿਸ ਕਾਰਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਭਾਜਪਾ ਅਤੇ ਆਪ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਆਗੂਆਂ ਨੇ ਸਫਾਈ ਕਾਮਿਆਂ ਦੀ ਹੜਤਾਲ ਦਾ ਸਮਰਥਨ ਕਰਨ ਅਤੇ 20 ਮਈ ਨੂੰ ਪਨਬੱਸ ਅਤੇ ਪੈਪਸੂ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ।ਮੀਟਿੰਗ ਵਿੱਚ ਕੁਲਦੀਪ ਸਿੰਘ ਦੌੜਕਾ, ਵਿਜੇ ਕੁਮਾਰ, ਜੀਤ ਲਾਲ ਗੋਹਲੜੋਂ, ਮਦਨ ਲਾਲ, ਜਸਵਿੰਦਰ ਸਿੰਘ ਭੰਗਲ, ਅਸ਼ੋਕ ਕੁਮਾਰ, ਨਰਿੰਦਰ ਕੁਮਾਰ ਪੰਡੋਰੀ, ਅਜੀਤ ਕੁਮਾਰ ਨਈਅਰ, ਹਰਭਜਨ ਸਿੰਘ, ਕਮਲਦੇਵ, ਬਲਵੀਰ ਸਿੰਘ, ਰਜਿੰਦਰ ਸਿੰਘ ਦੇਹਲ, ਹਰਮੇਸ਼ ਲਾਲ, ਰਾਮ ਪਾਲ ਆਦਿ ਹਾਜ਼ਰ ਸਨ।

