ਰਟੈਂਡਾ ਸਕੂਲ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਨਵਾਂਸ਼ਹਿਰ 25 ਮਈ (ਹਰਿੰਦਰ ਸਿੰਘ)ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਰਟੈਂਡਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਪੀ.ਐਲ.ਵੀ. ਜਰਨੈਲ ਸਿੰਘ ਖੁਰਦ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਨੂੰ ਪੋਕਸੋ ਐਕਟ, ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਨਾਲ ਸੰਬੰਧਿਤ ਕਾਨੂੰਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਇਸ ਦੇ ਨਾਲ ਹੀ ਬਾਲ ਵਿਆਹ ਨੂੰ ਰੋਕਣ ਅਤੇ ਲੜਕੀਆਂ ਦੀ ਸੁਰੱਖਿਆ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਨੂੰ ਵੱਖ-ਵੱਖ ਹੈਲਪਲਾਈਨ ਨੰਬਰਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਤਾਂ ਜੋ ਲੋੜ ਪੈਣ ’ਤੇ ਤੁਰੰਤ ਮਦਦ ਲਈ ਸੰਪਰਕ ਕੀਤਾ ਜਾ ਸਕੇ।ਅਗਸਤ ਮਹੀਨੇ ਵਿੱਚ ਲੱਗਣ ਵਾਲੀ ਲੋਕ ਅਦਾਲਤ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਵਿਦਿਆਰਥੀਆਂ ਅਤੇ ਹਾਜ਼ਰ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਅਤੇ ਇਸ ਰਾਹੀਂ ਆਪਣੇ ਮਾਮਲਿਆਂ ਦੇ ਤੇਜ਼ ਅਤੇ ਸੁਖਾਲੇ ਨਿਪਟਾਰੇ ਬਾਰੇ ਜਾਣੂ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਮੁੱਖ ਮਕਸਦ ਬੱਚਿਆਂ ਨੂੰ ਕਾਨੂੰਨੀ ਜਾਣਕਾਰੀ ਦੇ ਕੇ ਜਾਗਰੂਕ ਕਰਨਾ, ਸਮਾਜਿਕ ਬੁਰਾਈਆਂ ਖ਼ਿਲਾਫ਼ ਸਚੇਤ ਕਰਨਾ ਅਤੇ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਬਣਾਉਣਾ ਸੀ।ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਇੰਚਾਰਜ ਰੇਖਾ ਭੱਲਾ, ਸੁਰਜੀਤ ਕੌਰ, ਸੁਖਵਿੰਦਰ ਕੁਮਾਰ, ਰਮਨਦੀਪ ਕੌਰ, ਕੈਂਪਸ ਮੈਨੇਜਰ ਪ੍ਰੇਮ ਸਿੰਘ ਮੋਜ਼ੂਦ ਸਨ।



