ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਡਿਪਟੀ ਸਪੀਕਰ ਦੇ ਘਰ ਦਾ ਘਿਰਾਓ 7 ਜੁਲਾਈ ਨੂੰ
ਨਵਾਂ ਸ਼ਹਿਰ 3 ਜੁਲਾਈ (ਹਰਿੰਦਰ ਸਿੰਘ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਬਲਾਕ ਗੜ੍ਹਸ਼ੰਕਰ ਦੀ ਸਾਂਝੀ ਮੀਟਿੰਗ ਕੁਲਦੀਪ ਸਿੰਘ ਦੌੜਕਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਉਲੀਕੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦੇ ਪੰਜਾਬ ਪੱਧਰੀ ਸੰਘਰਸ਼ ਅਨੁਸਾਰ 7 ਜੁਲਾਈ ਨੂੰ ਨਵਾਂ ਸ਼ਹਿਰ ਅਤੇ ਗੜ੍ਹਸ਼ੰਕਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਚੇਤਾਵਨੀ ਪੱਤਰ ਡਿਪਟੀ ਸਪੀਕਰ ਸ਼੍ਰੀ ਜੈ ਕਿਸ਼ਨ ਸਿੰਘ ਰੋੜੀ ਨੂੰ ਦਿੱਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ਼ ਕੀਤੇ ਚੋਣ ਵਾਅਦਿਆਂ ਦੇ ਉਲਟ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਬਹੁਤ ਹੀ ਢੀਠਤਾਈ ਵਾਲਾ ਰਵੱਈਆ ਅਪਣਾਇਆ ਹੋਇਆ ਹੈ। ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਅਤੇ ਅਦਾਲਤੀ ਹੁਕਮਾਂ ਦੇ ਬਾਵਜੂਦ ਵੀ ਸਰਕਾਰ ਇਸ ਵਰਗ ਦੀ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ। ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਰਿਆਂ ਤੋਂ ਸਿਵਾਏ ਕੁਝ ਵੀ ਨਹੀਂ ਦਿੱਤਾ। ਸਰਕਾਰ ਵਲੋਂ ਪੰਜਵੇਂ ਤਨਖਾਹ ਕਮਿਸ਼ਨ ਵਲੋਂ ਸਿਫਾਰਿਸ਼ ਕੀਤੀ ਅਤੇ ਅਕਤੂਬਰ 2011 ਵਿੱਚ ਲਾਗੂ ਕੀਤੀ ਉਚੇਰੀ ਗਰੇਡ ਪੇ ਅਤੇ ਹਰ ਤਰ੍ਹਾਂ ਦੇ ਭੱਤੇ ਖੋਹ ਲਏ ਹਨ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਮਿੱਟੀ ਘੱਟੇ ਰੋਲ਼ ਦਿੱਤੇ ਗਏ, ਬਾਕੀ ਰਾਜਾਂ ਦੇ ਮੁਕਾਬਲੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਭ ਤੋਂ ਘੱਟ ਡੀ. ਏ. ਮਿਲ ਰਿਹਾ ਹੈ। ਪਰ ਪੰਜਾਬ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਕੇਂਦਰ ਦੇ ਬਰਾਬਰ ਡੀ. ਏ. ਪ੍ਰਾਪਤ ਕਰ ਰਹੇ ਹਨ, ਪੈਨਸ਼ਨਰਾਂ ਉੱਤੇ 2.59 ਗੁਣਾਂਕ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ, ਮਾਣ ਭੱਤਾ ਵਰਕਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਸਰਕਾਰੀ ਵਿਭਾਗਾਂ ਨੂੰ ਠੇਕੇਦਾਰੀ ਸਿਸਟਮ ਦੇ ਹਵਾਲੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਲੋਕਾਂ ਦੇ ਅਸਲੀ ਮੁੱਦੇ ਹੱਲ ਕਰਨ ਦੀ ਥਾਂ ਲੋਕ ਲੁਭਾਉਣੀਆਂ ਸਕੀਮਾਂ ਲਾਗੂ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਸਰਕਾਰ ਪ੍ਰਤੀ ਰੋਹ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਜਿਸ ਦਾ ਜਵਾਬ ਇਹ ਵਰਗ ਆਉਣ ਵਾਲੀਆਂ ਚੋਣਾਂ ਵਿੱਚ ਦੇਵੇਗਾ। ਬੁਲਾਰਿਆਂ ਨੇ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਵਰਗ ਨੂੰ ਇਸ ਘਿਰਾਓ ਨੂੰ ਸਫਲ ਬਣਾਉਣ ਲਈ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਸਮੇਂ ਮੱਖਣ ਸਿੰਘ ਵਾਹਿਦਪੁਰੀ, ਨਰਿੰਦਰ ਮਹਿਤਾ, ਕੁਲਵਿੰਦਰ ਸਿੰਘ ਅਟਵਾਲ, ਮੁਕੇਸ਼ ਕੁਮਾਰ, ਸ਼ਾਮ ਸੁੰਦਰ, ਜੋਗਿੰਦਰ ਸਿੰਘ, ਜਗਦੀਸ਼ ਚੰਦਰ, ਅਸ਼ਵਨੀ ਕੁਮਾਰ, ਗੁਰਨਾਮ ਸਿੰਘ, ਜੀਤ ਸਿੰਘ ਬਗਵਾਈ, ਕਮਲ ਦੇਵ, ਸਤਪਾਲ ਸਿੰਘ, ਜੋਗਾ ਸਿੰਘ, ਰਾਜ ਕੁਮਾਰ, ਪਵਨ ਗੋਇਲ, ਗੁਰਦਿਆਲ ਸਿੰਘ, ਬਲਵੰਤ ਰਾਮ, ਹੰਸ ਰਾਜ, ਅਮਰੀਕ ਸਿੰਘ, ਕੁਲਵਿੰਦਰ ਸਿੰਘ, ਪਰਮਾ ਨੰਦ, ਸ਼ਿੰਗਾਰਾ ਰਾਮ, ਕੁਲਵੰਤ ਸਿੰਘ, ਸੁਰਿੰਦਰ ਹੀਰ ਆਦਿ ਹਾਜ਼ਿਰ ਸਨ।

